Amritsar – ਅੰਮ੍ਰਿਤਸਰ ਵਿੱਚ ਸੜਕ ਹਾਦਸੇ ਵਿੱਚ SGPC ਕਰਮਚਾਰੀ ਦੀ ਮੌਤ
ਟਿੱਪਰ ਨਾਲ ਬਾਈਕ ਦੀ ਹੋਈ ਟੱਕਰ, ਡਿਊਟੀ ਲਈ ਘਰੋਂ ਜਾ ਰਿਹਾ ਸੀ
ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ ਅੱਜ ਸਵੇਰੇ ਮੋਟਰਸਾਈਕਲ ਦੀ ਟਿੱਪਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਇੱਕ ਐਸਜੀਪੀਸੀ ਕਰਮਚਾਰੀਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਕਰਮਚਾਰੀ ਸੀ।
ਮ੍ਰਿਤਕ ਦੇ ਮਾਮੇ ਨੇ ਦੱਸਿਆ ਕਿ ਪਰਮਜੀਤ ਡਿਊਟੀ ਲਈ ਘਰੋਂ ਨਿਕਲਿਆ ਸੀ। ਜਿਵੇਂ ਹੀ ਉਹ ਗੱਗੋਮਾਹਲ ਪਿੰਡ ਦੇ ਨੇੜੇ ਪਹੁੰਚਿਆ, ਉਸ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਟਿੱਪਰ ਟਰੱਕ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਹ ਸੜਕ ‘ਤੇ ਡਿੱਗ ਪਿਆ ਅਤੇ ਟਿੱਪਰ ਉਸ ਦੇ ਉੱਪਰੋਂ ਲੰਘ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਰਮਜੀਤ ਸਿੰਘ ਦੇ ਮਾਮੇ ਜਸਵੀਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੋ ਧੀਆਂ ਸੁਖਮਨ (2) ਅਤੇ ਕੀਰਤ (4) ਹਨ। ਹਾਦਸੇ ਦੀ ਖ਼ਬਰ ਸੁਣਦਿਆਂ ਹੀ ਸਥਾਨਕ ਵਾਸੀ ਮੌਕੇ ‘ਤੇ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮੁੱਢਲੀ ਜਾਂਚ ਵਿੱਚ ਟਿੱਪਰ ਚਾਲਕ ਦੀ ਲਾਪਰਵਾਹੀ ਦਿਖਾਈ ਦੇ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Punjab Spectrum