Canada: ਬਜ਼ੁਰਗ ਸਿੱਖ ਨੂੰ ਨੌਜਵਾਨ ਨੇ ਧੱਕਾ ਮਾਰ ਕੇ ਕਿਹਾ, ਮੇਰੇ ਦੇਸ਼ ‘ਚੋਂ ਬਾਹਰ ਨਿਕਲੋ
ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਇੱਕ ਬਜ਼ੁਰਗ ਸਿੱਖ ਵਿਅਕਤੀ ਨਾਲ ਨਸਲੀ ਵਿਤਕਰਾ ਕਰਦਿਆਂ ਉਸ ਉੱਤੇ ਹਮਲਾ ਕੀਤਾ ਗਿਆ।

ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਇੱਕ ਬਜ਼ੁਰਗ ਸਿੱਖ ਵਿਅਕਤੀ ਨਾਲ ਨਸਲੀ ਵਿਤਕਰਾ ਕਰਦਿਆਂ ਉਸ ਉੱਤੇ ਹਮਲਾ ਕੀਤਾ ਗਿਆ। ਵੁੱਡਸਟਾਕ ਪੁਲੀਸ ਮੁਤਾਬਕ ਇਹ ਘਟਨਾ 22 ਅਪਰੈਲ ਦੀ ਹੈ, ਜਦੋਂ ਬਜ਼ੁਰਗ ਸਿੱਖ ਵਿਅਕਤੀ ਫੁੱਟਪਾਥ ‘ਤੇ ਪੈਦਲ ਜਾ ਰਿਹਾ ਸੀ।
ਇਸ ਦੌਰਾਨ ਇੱਕ ਨੌਜਵਾਨ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਧੱਕਾ ਦਿੱਤਾ ਅਤੇ “ਮੇਰੇ ਦੇਸ਼ ਵਿੱਚੋਂ ਬਾਹਰ ਨਿਕਲ ਜਾਓ” ਵਰਗੇ ਨਸਲੀ ਸ਼ਬਦਾਂ ਅਤੇ ਗਾਲੀ-ਗਲੋਚ ਦੀ ਵਰਤੋਂ ਕੀਤੀ। ਪੁਲੀਸ ਨੇ ਇਸ ਨੂੰ ‘ਨਫ਼ਰਤ ਤੋਂ ਪ੍ਰੇਰਿਤ ਹਮਲਾ’ (hate-motivated assault) ਕਰਾਰ ਦਿੱਤਾ ਹੈ। ਹਾਲਾਂਕਿ ਇਸ ਹਮਲੇ ਵਿੱਚ ਬਜ਼ੁਰਗ ਵਿਅਕਤੀ ਨੂੰ ਕੋਈ ਗੰਭੀਰ ਸਰੀਰਕ ਸੱਟ ਨਹੀਂ ਲੱਗੀ।
ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਨੇ ਬਿਨਾਂ ਕਿਸੇ ਉਕਸਾਵੇ ਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਘਟਨਾ ਤੋਂ ਬਾਅਦ ਉਹ ਇੱਕ ਸਕੂਲ ਦੀ ਕੰਧ ਟੱਪ ਕੇ ਫਰਾਰ ਹੋ ਗਿਆ। ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਨੌਜਵਾਨ ਵਾਰ-ਵਾਰ ਨਸਲੀ ਟਿੱਪਣੀਆਂ ਕਰਦਾ ਸੁਣਾਈ ਦਿੱਤਾ ਹੈ।
ਪੁਲੀਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ‘ਤੇ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵੁੱਡਸਟਾਕ ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਭਾਈਚਾਰੇ ਵਿੱਚ ਅਜਿਹੀ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਦੂਜੇ ਪਾਸੇ, ਵਰਲਡ ਸਿੱਖ ਆਰਗਨਾਈਜ਼ੇਸ਼ਨ (WSO) ਨੇ ਇਸ ਘਟਨਾ ‘ਤੇ ਡੂੰਘੀ ਚਿੰਤਾ ਜਤਾਈ ਹੈ ਅਤੇ ਪੁਲੀਸ ਦੀ ਤੁਰੰਤ ਕਾਰਵਾਈ ਲਈ ਧੰਨਵਾਦ ਕਰਦਿਆਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।

Punjab Spectrum
You must be logged in to post a comment.