Breaking News

BJP ਵਰਕਰਾਂ ਨੂੰ ਬੇਵਜ੍ਹਾ ਤੰਗ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਸਬਕ ਸਿਖਾਵਾਂਗੇ: Ravneet Bittu

BJP ਵਰਕਰਾਂ ਨੂੰ ਬੇਵਜ੍ਹਾ ਤੰਗ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਸਬਕ ਸਿਖਾਵਾਂਗੇ: Ravneet Bittu

ਭਾਜਪਾ ਵਰਕਰਾਂ ਨੂੰ ਬੇਵਜ੍ਹਾ ਤੰਗ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਸਬਕ ਸਿਖਾਵਾਂਗੇ: Ravneet Bittu
ਕੇਂਦਰੀ ਮੰਤਰੀ ਨੇ AAP ਦੇ ਇਸ਼ਾਰੇ ’ਤੇ ਕੰਮ ਕਰਨ ਵਾਲਿਆਂ ਨੂੰ ਭਾਜਪਾ ਸਰਕਾਰ ਬਣਨ ’ਤੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ


ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਮੰਗਲਵਾਰ ਨੂੰ ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਜੋ ਭਾਜਪਾ ਵਰਕਰਾਂ ਵਿਰੁੱਧ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਵੇਗੀ ਤਾਂ ਅਜਿਹੇ ਅਧਿਕਾਰੀਆਂ ਨੂੰ ਜਬਰੀ ਸੇਵਾਮੁਕਤੀ ਸਮੇਤ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਪਾਰਟੀ ਨੇ ਹੇਠਲੇ ਪੱਧਰ ਤੋਂ ਲੈ ਕੇ ਉੱਚ ਅਹੁਦਿਆਂ ਤੱਕ ਦੇ ਉਨ੍ਹਾਂ ਪੁਲੀਸ ਅਧਿਕਾਰੀਆਂ ਦੀ ਇੱਕ ਸੂਚੀ ਤਿਆਰ ਕੀਤੀ ਹੈ, ਜੋ ਨਸ਼ਾ ਤਸਕਰੀ, ਗੈਂਗਸਟਰਵਾਦ ਜਾਂ ਸਿਆਸੀ ਵਿਰੋਧੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਵਿੱਚ ਸ਼ਾਮਲ ਪਾਏ ਗਏ ਹਨ। ਉਨ੍ਹਾਂ ਕਿਹਾ, “ਇਹ ਪੁਲੀਸ ਮੁਲਾਜ਼ਮ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ਮੈਂ ਉਨ੍ਹਾਂ ਨੂੰ ਚਿਤਾਵਨੀ ਦਿੰਦਾ ਹਾਂ ਕਿ ਉਨ੍ਹਾਂ ਨੂੰ ਆਪਣੇ ਕੀਤੇ ਦਾ ਨਤੀਜਾ ਭੁਗਤਣਾ ਪਵੇਗਾ।”

ਰਵਨੀਤ ਸਿੰਘ ਬਿੱਟੂ ਅੱਜ ਚੰਡੀਗੜ੍ਹ ਵਿਚ ਬੁਢਲਾਡਾ ਤੋਂ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਪੁਲੀਸ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਦੇ ਏਜੰਟ ਵਜੋਂ।