Breaking News

ED Raids: ਹਿੰਦੂ ਵਪਾਰੀਆਂ ਨੂੰ ਤੰਗ ਕੀਤਾ ਜਾ ਰਿਹੈ: Kejriwal

ED Raids: ਹਿੰਦੂ ਵਪਾਰੀਆਂ ਨੂੰ ਤੰਗ ਕੀਤਾ ਜਾ ਰਿਹੈ: Kejriwal

ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮੰਗਲਵਾਰ ਨੂੰ ਪੰਜਾਬ ਵਿੱਚ ਵਪਾਰੀਆਂ ਉੱਤੇ ਮਾਰੇ ਛਾਪਿਆਂ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ‘ਆਪ’ ਨੇ ਦਾਅਵਾ ਕੀਤਾ ਕਿ ਸੂਬੇ ਦੇ ਹਿੰਦੂ ਕਾਰੋਬਾਰੀਆਂ ਨੂੰ ਡਰਾਉਣ ਧਮਕਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਨੂੰ ਪੰਜਾਬ ਦੀ ਆਰਥਿਕ ਤਰੱਕੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ।

ਕੇਜਰੀਵਾਲ ਨੇ ਐਕਸ ਉੱਤੇ ਪੋਸਟ ਵਿੱਚ ਕਿਹਾ, ‘‘ਈ ਡੀ ਪਾਰਟੀ ਇਕ ਵਾਰ ਫਿਰ ਪੰਜਾਬ ਵਿੱਚ ਹਿੰਦੂ ਵਪਾਰੀਆਂ ਉੱਤੇ ਛਾਪੇ ਮਾਰ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਮੈਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੂਰਾ ਪੰਜਾਬ ਤੇ ਸੂਬਾ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਅਸੀਂ ਮਿਲ ਕੇ ਈ ਡੀ ਪਾਰਟੀ ਦਾ ਟਾਕਰਾ ਕਰਾਂਗੇ।’’ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਸੰਭਾਵੀ ਗੱਠਜੋੜ ਬਾਰੇ ਜਾਰੀ ਵਿਚਾਰ ਚਰਚਾ ਉੱਤੇ ਟਿੱਪਣੀ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਮੈਂ ਸੁਣਿਆ ਹੈ ਕਿ ਈ ਡੀ ਪਾਰਟੀ ਪੰਜਾਬ ਵਿੱਚ ਸੈਕਰਿਲੇਜ (ਬੇਅਦਬੀ) ਪਾਰਟੀ/ਚਿੱਟਾ ਪਾਰਟੀ ਨਾਲ ਗੱਠਜੋੜ ਵਾਸਤੇ ਤਰਲੋ ਮੱਛੀ ਹੋ ਰਹੀ ਹੈ, ਪਰ ਬੇਅਦਬੀ ਪਾਰਟੀ ਉਨ੍ਹਾਂ ਨੂੰ ਮੂੰਹ ਨਹੀਂ ਲਾ ਰਹੀ।’’ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਕਿ ਪੰਜਾਬ ਦੇ ਹਿੰਦੂ ਵਪਾਰੀਆਂ ਦਾ ‘ਰੰਗਲਾ ਪੰਜਾਬ’ ਬਣਾਉਣ ’ਚ ਅਹਿਮ ਯੋਗਦਾਨ ਹੈ। ਈ ਡੀ ਪਾਰਟੀ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨਾਲ ਉਨ੍ਹਾਂ ਨੂੰ ਆਪਣੇ ਵਾਲੇ ਪਾਸੇ ਆਉਣ ਲਈ ਮਜਬੂਰ ਕਰ ਰਹੀ ਹੈ। ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ ਤੇ ਪੰਜਾਬ ਸਰਕਾਰ ਵਪਾਰੀਆਂ ਨਾਲ ਖੜ੍ਹੀ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤੀ ਅਰਥਚਾਰੇ ਬਾਰੇ ਅਸਲ ਸੱਚ ਨੂੰ ਸ਼ਾਨਦਾਰ ਭਾਸ਼ਣਾਂ ਤੇ ਮੀਡੀਆ ਪ੍ਰਬੰਧਨ ਰਾਹੀਂ ਨਹੀਂ ਬਦਲਿਆ ਜਾ ਸਕਦਾ।