CM ਭਗਵੰਤ ਮਾਨ ਟਕਰਾਅ ਛੱਡ ਕੇ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ : ਅਕਾਲੀ ਦਲ ਵਾਰਿਸ ਪੰਜਾਬ ਦੇ
ਭਾਖੜਾ ਡੈਮ ਅਤੇ ਨਾਂਦੇੜ ਐਕਟ ’ਚ ਤਬਦੀਲੀ ਦਾ ਮੁੱਦਾ ਚੁੱਕਿਆ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਅੱਜ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਟਕਰਾਅ ਛੱਡ ਕੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ। ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਤੇ ਸਰਵਉੱਚਤਾ ਦਾ ਸਤਿਕਾਰ ਕਰਨਾ ਹਰ ਸੰਵਿਧਾਨਕ ਅਹੁਦੇਦਾਰ ਦਾ ਫ਼ਰਜ਼ ਹੈ।
ਆਗੂਆਂ ਨੇ ਕਿਹਾ ਕਿ ਸਿਆਸੀ ਲਾਭ ਲਈ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਪੰਜਾਬ ਅਤੇ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਵਿਧਾਇਕ ਇਯਾਲੀ ਨੇ ਕਿਹਾ ਕਿ ਉਹ 29 ਜੂਨ ਨੂੰ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਬਾਕੀ ਵਿਧਾਇਕਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਚਾਹੀਦਾ ਹੈ।
ਤਰਸੇਮ ਸਿੰਘ ਖ਼ਾਲਸਾ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਦੇ ਕਾਨੂੰਨ ’ਚ ਸੋਧ ਕਰਨ ਦਾ ਯਤਨ ਕਰ ਰਹੀ ਹੈ, ਜੋ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰ ਦੀ ਸਿੱਧੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਵੀ ਅਜਿਹੇ ਯਤਨ ਕੀਤੇ ਗਏ ਸਨ, ਪ੍ਰੰਤੂ ਸੰਗਤਾਂ ਦੇ ਵਿਰੋਧ ਕਾਰਨ (ਸਰਕਾਰ ਨੂੰ) ਪਿਛਾਂਹ ਹਟਣਾ ਪਿਆ ਸੀ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਨਾਂਦੇੜ ਐਕਟ ਨੂੰ ਰੱਦ ਕਰਨ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ।
ਵਿਧਾਇਕ ਇਯਾਲੀ ਨੇ ਕਿਹਾ ਕਿ ਇਸ ਨਵੇਂ ਕਾਨੂੰਨ ਤਹਿਤ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰ ਸਿੱਧੇ ਮਹਾਰਾਸ਼ਟਰ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਦੋਵਾਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਹੜ੍ਹ ਪ੍ਰਬੰਧਨ ਸਬੰਧੀ ਤਿਆਰੀਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਲਾਂ ‘ਚ ਆਏ ਹੜ੍ਹਾਂ ਤੋਂ ਵੀ ਸੂਬਾ ਸਰਕਾਰ ਕੋਈ ਸਬਕ ਸਿੱਖਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ’ਤੇ ਦਰਜ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਡੈਮ ਦਾ ਜਲ ਪੱਧਰ 1573.56 ਫੁੱਟ ਤੱਕ ਪਹੁੰਚ ਚੁੱਕਾ ਹੈ।
ਦੋਵਾਂ ਆਗੂਆਂ ਨੇ ਅਪੀਲ ਕੀਤੀ ਕਿ ਦਰਿਆਈ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਸੁਰੱਖਿਆ ਲਈ ਪਹਿਲਾਂ ਤੋਂ ਹੀ ਪੂਰੀ ਚੌਕਸੀ ਵਰਤੀ ਜਾਵੇ। ਇਸ ਮੌਕੇ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾ ਰਹੇ ਨਿਹੰਗ ਸਿੱਖ ਨੌਜਵਾਨਾਂ ਅਤੇ ਸਥਾਨਕ ਲੋਕਾਂ ਵਿਚਕਾਰ ਹੋਏ ਟਕਰਾਅ ‘ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਸਿੱਖ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਲਗਾਤਾਰ ਪਾਰਟੀ ਵੱਲੋਂ ਨੌਜਵਾਨਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ।
Punjab Spectrum