Mansa: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਤੋਂ ਬਾਅਦ ਪਿੰਡ ਬੀਰੇਵਾਲਾ ਜੱਟਾਂ ਵਿੱਚ ਤਣਾਅ ਦਾ ਮਾਹੌਲ
ਪਵਿੱਤਰ ਅੰਗਾਂ ‘ਤੇ ਲਿਖੇ ਮਿਲੇ ਇਤਰਾਜ਼ਯੋਗ ਸ਼ਬਦ
ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿੱਚ ਬੁੱਧਵਾਰ ਨੂੰ ਇੱਕ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਥਿਤ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਤਣਾਅ ਦਾ ਮਾਹੌਲ ਬਣ ਗਿਆ। ਰਿਪੋਰਟਾਂ ਮੁਤਾਬਕ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗਾਂ (ਪੰਨਿਆਂ) ‘ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦ ਲਿਖੇ ਹੋਏ ਮਿਲੇ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋ ਗਿਆ।
ਪਿੰਡ ਦੇ ਕਈ ਨਿਵਾਸੀ ਅਤੇ ਨਿਹੰਗ ਸਿੰਘ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਹ ਬੇਅਦਬੀ ਕੁਝ ਮਹੀਨੇ ਪਹਿਲਾਂ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਿਯੁਕਤੀ ਕਰੀਬ ਦੋ ਮਹੀਨੇ ਪਹਿਲਾਂ ਇਸ ਗੁਰਦੁਆਰਾ ਸਾਹਿਬ ਵਿੱਚ ਹੋਈ ਸੀ ਅਤੇ ਉਸ ਸਮੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਇਸ ਮਾਮਲੇ ਦੀ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ।
ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ‘ਸਰੂਪ’ ਦੀ ਸੇਵਾ ਸੰਭਾਲ ਕਰਦੇ ਸਮੇਂ ਗ੍ਰੰਥੀ ਸਿੰਘ ਨੇ ਕੁਝ ਅੰਗਾਂ ‘ਤੇ ਇਤਰਾਜ਼ਯੋਗ ਲਿਖਤਾਂ ਦੇਖੀਆਂ। ਉਨ੍ਹਾਂ ਨੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸੰਗਤ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਸਵਾਲ ਉਠਾਇਆ ਕਿ ਸ਼ਿਕਾਇਤ ਪਹਿਲਾਂ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ।
ਦੂਜੇ ਪਾਸੇ, ਪਿੰਡ ਦੇ ਕੁਝ ਨਿਵਾਸੀਆਂ ਨੇ ਕਿਹਾ ਕਿ ਉਹ ਇਸ ਬਾਰੇ ਅਣਜਾਣ ਸਨ ਅਤੇ ਉਨ੍ਹਾਂ ਨੂੰ ਬੁੱਧਵਾਰ ਨੂੰ ਹੀ ਇਸ ਬਾਰੇ ਪਤਾ ਲੱਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸੁਣਿਆ ਹੈ ਕਿ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਐੱਸ ਜੀ ਪੀ ਸੀ ਨੂੰ ਸ਼ਿਕਾਇਤ ਸੌਂਪ ਚੁੱਕੀ ਹੈ ਅਤੇ ਇਸ ਮਾਮਲੇ ਸਬੰਧੀ ਉਸੇ ਦਿਨ ਇੱਕ ਮੀਟਿੰਗ ਵੀ ਰੱਖੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਲੋਕਾਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।
‘ਦਿ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਸਰਦੂਲਗੜ੍ਹ ਦੇ ਡੀ ਐੱਸ ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕਰ ਰਹੇ ਹਨ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Punjab Spectrum