Sonam Wangchuk ਨੇ ਭੁੱਖ ਹੜਤਾਲ ਖ਼ਤਮ ਕਰਨ ਲਈ “ਵਿਦਿਆਰਥੀਆਂ ‘ਤੇ ਕੋਈ ਕਾਰਵਾਈ ਨਾ ਕਰਨ” ਦਾ ਭਰੋਸਾ ਮੰਗਿਆ
ਮੰਤਰੀਆਂ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਵਿਚਾਰ ਕਰਨ ਦਾ ਦਿੱਤਾ ਹੈ ਭਰੋਸਾ: ਵਾਂਗਚੁਕ
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਅੱਜ 24ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਇਹ ਭਰੋਸਾ ਦੇਵੇ ਕਿ ਪ੍ਰੀਖਿਆ ਸੁਧਾਰ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਪ੍ਰਦਰਸ਼ਨਕਾਰੀਆਂ ‘ਤੇ ਕੋਈ ਵੀ ਸਖ਼ਤ ਜਾਂ ਬਦਲੇ ਦੀ ਭਾਵਨਾ ਵਾਲੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ, ਤਾਂ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਤਿਆਰ ਹਨ।
ਵਾਂਗਚੁਕ ਨੇ ਆਪਣੀ ਸ਼ਰਤ ਦੱਸਦੇ ਹੋਏ ਇੱਕ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਮਿਲਣ ਆਏ ਦੋ ਮੰਤਰੀਆਂ ਜੇ ਪੀ ਨੱਡਾ ਅਤੇ ਜਿਤੇਂਦਰ ਸਿੰਘ ਨੇ ਉਨ੍ਹਾਂ ਨੂੰ ਸੰਸਦ ਵਿੱਚ ਇਸ ਮੁੱਦੇ ‘ਤੇ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਵਿਚਾਰ ਕਰਨਾ ਅਤੇ ਨੀਟ ਯੂਜੀ ਪੇਪਰ ਲੀਕ ਕਾਰਨ ਆਪਣੀ ਜਾਨ ਗਵਾਉਣ ਵਾਲੇ ਬੱਚਿਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣਾ ਸ਼ਾਮਲ ਹੈ।
65 ਸੰਸਦ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਮਿਲਣ ਅਤੇ ਭੁੱਖ ਹੜਤਾਲ ਖ਼ਤਮ ਕਰਨ ਲਈ ਪੱਤਰ ਲਿਖਣ ਤੋਂ ਬਾਅਦ ਉਨ੍ਹਾਂ ਨੇ ਕਿਹਾ, “ਜੇਕਰ ਅਜਿਹਾ ਭਰੋਸਾ ਦਿੱਤਾ ਜਾਂਦਾ ਹੈ, ਤਾਂ ਮੈਂ ਇਸ ਵਿਸ਼ਵਾਸ ਨਾਲ ਆਪਣੀ ਭੁੱਖ ਹੜਤਾਲ ਖ਼ਤਮ ਕਰਾਂਗਾ ਕਿ ਸਰਕਾਰ ਨੇ ਨਾ ਸਿਰਫ਼ ਮੇਰੀ ਅਪੀਲ ਸੁਣੀ ਹੈ, ਸਗੋਂ ਨੌਜਵਾਨ ਭਾਰਤੀਆਂ ਦੀਆਂ ਆਸਾਂ-ਉਮੀਦਾਂ ਨੂੰ ਵੀ ਸਮਝਿਆ ਹੈ।
ਵਾਂਗਚੁਕ ਨੇ ਕਿਹਾ ਕਿ ਬੀਤੀ ਰਾਤ ਉਨ੍ਹਾਂ ਨੂੰ ਮਿਲਣ ਆਏ ਜੇਪੀ ਨੱਡਾ ਅਤੇ ਜਿਤੇਂਦਰ ਸਿੰਘ ਨੇ “ਜਵਾਬਦੇਹੀ ਯਕੀਨੀ ਬਣਾਉਣ ਲਈ ਸੰਸਦ ਵਿੱਚ ਇੱਕ ਸਾਰਥਕ ਚਰਚਾ ਦਾ ਭਰੋਸਾ ਦਿੱਤਾ ਹੈ, ਜਿਸ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਵਿਚਾਰ ਕਰਨਾ ਵੀ ਸ਼ਾਮਲ ਹੈ।”
ਵਾਂਗਚੁਕ ਨੇ ਕਿਹਾ ਕਿ ਉਹ ਜਿਉਣਾ ਚਾਹੁੰਦੇ ਹਨ ਅਤੇ ਆਪਣੇ ਵਿਦਿਆਰਥੀਆਂ ਕੋਲ ਵਾਪਸ ਜਾਣਾ ਚਾਹੁੰਦੇ ਹਨ, ਪਰ ਉਹ ਉਨ੍ਹਾਂ ਨੌਜਵਾਨਾਂ ਦੀ ਕੀਮਤ ‘ਤੇ ਅਜਿਹਾ ਨਹੀਂ ਕਰ ਸਕਦੇ ਜਿਨ੍ਹਾਂ ਲਈ ਇਹ ਅੰਦੋਲਨ ਸ਼ੁਰੂ ਹੋਇਆ ਸੀ।
Punjab Spectrum