ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ: ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ
ਸੁਰੱਖਿਆ ਹਾਲਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ
ਕੇਂਦਰ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਸਿੱਖ ਧਾਰਮਿਕ ਸਮੂਹਾਂ ਵੱਲੋਂ ਪੱਤਰ ਪ੍ਰਾਪਤ ਹੋਏ ਹਨ, ਪਰ ਸੁਰੱਖਿਆ ਹਾਲਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ। ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਹ ਸਵਾਲ ਉਠਾਇਆ ਗਿਆ ਸੀ।
7 ਮਈ 2025 ਤੋਂ ਮੁਅੱਤਲ ਹੈ ਲਾਂਘੇ ਦੀਆਂ ਸੇਵਾਵਾਂ
ਕੇਂਦਰੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਨੂੰ 7 ਮਈ 2025 ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਕਰੀਬ ਸਵਾ ਸਾਲ ਤੋਂ ਕਰਤਾਰਪੁਰ ਲਾਂਘਾ ਬੰਦ ਪਿਆ ਹੈ ਅਤੇ ਸਿੱਖ ਭਾਈਚਾਰੇ ਵੱਲੋਂ ਇਹ ਲਾਂਘਾ ਖੋਲ੍ਹੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਭਾਰਤ-ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਦੀ ਸਹੂਲਤ ਲਈ 24 ਅਕਤੂਬਰ 2019 ਨੂੰ ਇੱਕ ਸਮਝੌਤਾ ਕੀਤਾ ਸੀ ਤਾਂ ਜੋ ਸੰਗਤਾਂ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣ।
ਇਤਿਹਾਸ ਅਤੇ ਲਾਂਘੇ ਦੇ ਬੰਦ ਹੋਣ ਦਾ ਪਿਛੋਕੜ
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਇੱਥੇ ਬਿਤਾਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਇਹ ਪਵਿੱਤਰ ਲਾਂਘਾ ਦੋਵੇਂ ਮੁਲਕਾਂ ਨੇ ਇੱਕ ਸਮਝੌਤੇ ਤਹਿਤ ਖੋਲ੍ਹਿਆ ਸੀ। ਜਦੋਂ ਕਰੋਨਾ ਮਹਾਂਮਾਰੀ ਚੱਲ ਰਹੀ ਸੀ ਤਾਂ ਉਸ ਵਕਤ ਅਸਥਾਈ ਤੌਰ ’ਤੇ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਮੁੜ 17 ਨਵੰਬਰ 2021 ਨੂੰ ਲਾਂਘਾ ਖੋਲ੍ਹ ਦਿੱਤਾ ਗਿਆ ਸੀ। ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਦਰਮਿਆਨ ਸਰਹੱਦੀ ਤਣਾਅ ਵਧ ਗਿਆ ਸੀ। ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਸਥਾਈ ਤੌਰ ’ਤੇ ਪਵਿੱਤਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਹਾਲੇ ਤੱਕ ਇਹ ਲਾਂਘਾ ਮੁੜ ਖੁੱਲ੍ਹਿਆ ਨਹੀਂ ਹੈ।
ਸਿਆਸੀ ਧਿਰਾਂ ਦੀ ਮੰਗ ਅਤੇ ਭਾਜਪਾ ਦਾ ਰੁਖ਼
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਬਾਕੀ ਸਿਆਸੀ ਧਿਰਾਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਮੌਜੂਦਾ ਰੁਖ਼ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਆਸਾਰ ਕਾਫ਼ੀ ਘੱਟ ਹਨ। ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਰਕੇ ਸਿੱਖ ਭਾਈਚਾਰੇ ਨੇ ਲਾਂਘਾ ਖੋਲ੍ਹਣ ਦੀ ਮੰਗ ਨੂੰ ਉਠਾਉਣਾ ਸ਼ੁਰੂ ਕਰ ਦਿੱਤਾ ਹੈ, ਪਰ ਭਾਜਪਾ ਇਸ ਬਾਰੇ ਕੋਈ ਫ਼ੈਸਲਾ ਨਹੀਂ ਕਰ ਸਕੀ ਹੈ। ਹਾਲਾਂਕਿ ਪੰਜਾਬ ਭਾਜਪਾ ਵੀ ਅੰਦਰੂਨੀ ਤੌਰ ’ਤੇ ਇਹ ਲਾਂਘਾ ਖੋਲ੍ਹੇ ਜਾਣ ਲਈ ਹਾਈਕਮਾਂਡ ਨੂੰ ਕਹਿ ਰਹੀ ਹੈ।
ਭਵਿੱਖ ਦੀਆਂ ਸੰਭਾਵਨਾਵਾਂ ਅਤੇ ਪਿਛਲੇ ਸਫ਼ਰ ਦੇ ਅੰਕੜੇ
ਉਂਝ, ਅਕਤੂਬਰ 2024 ਵਿੱਚ ਕਰਤਾਰਪੁਰ ਲਾਂਘੇ ਦੀ ਮਿਆਦ ਵਿੱਚ ਪੰਜ ਸਾਲ ਦਾ ਵਾਧਾ ਕਰ ਦਿੱਤਾ ਗਿਆ ਸੀ। ਸੂਤਰ ਆਖਦੇ ਹਨ ਕਿ ਫ਼ਿਲਹਾਲ ਤਾਂ ਪਵਿੱਤਰ ਲਾਂਘਾ ਖੋਲ੍ਹੇ ਜਾਣ ਦੀ ਸੰਭਾਵਨਾ ਘੱਟ ਜਾਪਦੀ ਹੈ, ਪਰ ਪੰਜਾਬ ਚੋਣਾਂ ਦੇ ਨੇੜੇ ਭਾਜਪਾ ਸਿੱਖ ਭਾਈਚਾਰੇ ਨੂੰ ਖ਼ੁਸ਼ ਕਰਨ ਲਈ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫ਼ੈਸਲਾ ਲੈ ਵੀ ਸਕਦੀ ਹੈ। ਜਦੋਂ 2019 ਵਿੱਚ ਇਹ ਲਾਂਘਾ ਖੋਲ੍ਹਿਆ ਗਿਆ ਸੀ ਤਾਂ ਪਹਿਲੇ ਤਿੰਨ ਮਹੀਨਿਆਂ ਵਿੱਚ 44,951 ਯਾਤਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਗਏ ਸਨ।
ਪ੍ਰਾਪਤ ਵੇਰਵਿਆਂ ਅਨੁਸਾਰ ਕਰਤਾਰਪੁਰ ਲਾਂਘੇ ਜ਼ਰੀਏ ਸਾਲ 2021 ਵਿੱਚ 10,025, ਸਾਲ 2022 ਵਿੱਚ 86,097 ਅਤੇ ਸਾਲ 2023 ਵਿੱਚ 96,555 ਯਾਤਰੀ ਗਏ ਸਨ। ਬਾਕੀ ਵਰ੍ਹਿਆਂ ਦੇ ਅੰਕੜੇ ਪ੍ਰਾਪਤ ਨਹੀਂ ਹੋ ਸਕੇ।
Punjab Spectrum