Moga ਮੋਗਾ ਵਿੱਚ ‘ਆਪ’ ਦੀ ਮੈਗਾ ਰੈਲੀ: ਕੇਜਰੀਵਾਲ ਨੇ CM Mann ਦੇ ਨਾਮ ‘ਤੇ ਮੰਗੀਆਂ ਵੋਟਾਂ; ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ‘ਤੇ ਸਾਧੇ ਤਿੱਖੇ ਨਿਸ਼ਾਨੇ
ਮੋਗਾ, 26 ਨਵੰਬਰ, 2026: ਆਮ ਆਦਮੀ ਪਾਰਟੀ (AAP) ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਸਿਆਸੀ ਬਿਗੁਲ ਵਜਾ ਦਿੱਤਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਜਿੱਥੇ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ, ਉੱਥੇ ਹੀ ਮੁੱਖ ਮੰਤਰੀ ਮਾਨ ਨੇ ਨਵੇਂ ਬਣੇ ਅਕਾਲੀ-ਭਾਜਪਾ ਗਠਜੋੜ ‘ਤੇ ਤਿੱਖੇ ਹਮਲੇ ਬੋਲੇ। ਇਸ ਤੋਂ ਪਹਿਲਾਂ ਦੋਵਾਂ ਆਗੂਆਂ ਨੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ; ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਨੁਸਾਰ ਸੂਬੇ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਵੰਡੇ ਜਾ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਛੋਟੇ ਭਰਾ ਭਗਵੰਤ ਮਾਨ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਚਾਹੁੰਦੇ ਹਨ ਕਿ ਲੋਕ-ਪੱਖੀ ਯੋਜਨਾਵਾਂ ਜਾਰੀ ਰਹਿਣ, ਤਾਂ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ।
ਕੇਜਰੀਵਾਲ ਨੇ ਦੋਸ਼ ਲਾਇਆ ਕਿ ਕਾਂਗਰਸ ਆਗੂਆਂ ਨੇ ਇਨ੍ਹਾਂ ਭਲਾਈ ਸਕੀਮਾਂ ਨੂੰ ਵਿੱਤੀ ਬੋਝ ਦੱਸਿਆ ਹੈ ਅਤੇ ਜੇਕਰ ਕਾਂਗਰਸ ਸੱਤਾ ਵਿੱਚ ਆਈ ਤਾਂ ਮੁਫ਼ਤ ਬਿਜਲੀ ਅਤੇ ਔਰਤਾਂ ਨੂੰ ਮਿਲਣ ਵਾਲੇ ₹1,000 ਬੰਦ ਕਰ ਦੇਵੇਗੀ। ਇਸੇ ਤਰ੍ਹਾਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਸਰਕਾਰ ਆਉਣ ਮਗਰੋਂ ‘ਆਪ’ ਦੀਆਂ ਕਈ ਸਰਕਾਰੀ ਯੋਜਨਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਔਰਤਾਂ ਨੂੰ ₹1,000 ਪ੍ਰਤੀ ਮਹੀਨਾ ਦੇਣ ਦੀ ਯੋਜਨਾ ਵਿੱਚ ਹੋਈ ਦੇਰੀ ਬਾਰੇ ਸਪੱਸ਼ਟੀਕਰਨ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਛੱਡਿਆ ਸੀ, ਜਿਸ ਨੂੰ ਭਰਨ ਵਿੱਚ ਸਮਾਂ ਲੱਗਾ। ਉਨ੍ਹਾਂ ਐਲਾਨ ਕੀਤਾ ਕਿ ਦਸੰਬਰ ਮਹੀਨੇ ਤੋਂ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ ਦੇ ਸੁਧਾਰ, ਤੀਰਥ ਯਾਤਰਾ ਯੋਜਨਾ, ਖੇਤਾਂ ਤੱਕ ਨਹਿਰੀ ਪਾਣੀ, ₹10 ਲੱਖ ਦੇ ਸਿਹਤ ਬੀਮੇ ਅਤੇ 70 ਹਜ਼ਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨੂੰ ‘ਆਪ’ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਮੁੜ ਹੋਇਆ ਹੈ ਅਤੇ ਇਹ ਧਿਰਾਂ ਮੁੜ ਅਜਿਹੇ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ ਅਕਾਲੀ ਦਲ ਦੇ ਆਗੂਆਂ ਨੇ ਤਿੰਨ ਮਹੀਨੇ ਤੱਕ ਖੇਤੀ ਕਾਨੂੰਨਾਂ ਦੀ ਤਾਰੀਫ਼ ਕੀਤੀ ਸੀ, ਪਰ ਕਿਸਾਨ ਅੰਦੋਲਨ ਤੇਜ਼ ਹੋਣ ਮਗਰੋਂ ਮਜਬੂਰੀ ਵਿੱਚ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਦਿਵਾਇਆ। ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਮਾਨ ਨੇ ਸੁਖਬੀਰ ਸਿੰਘ ਬਾਦਲ ‘ਤੇ ਵਿਅੰਗ ਕਰਦਿਆਂ ਕਿਹਾ ਕਿ ਪਹਿਲਾਂ ਉਹ ਭਾਜਪਾ ਵਿੱਚ ਜਾਣ ਵਾਲਿਆਂ ਦੇ ਡੀ.ਐਨ.ਏ. (DNA) ਟੈਸਟ ਕਰਵਾਉਣ ਦੀ ਗੱਲ ਕਰਦੇ ਸਨ, ਪਰ ਹੁਣ ਖ਼ੁਦ ਉਨ੍ਹਾਂ ਨਾਲ ਹੱਥ ਮਿਲਾ ਲਿਆ ਹੈ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਪੰਜਾਬ ਯੂਨੀਵਰਸਿਟੀ (PU) ਦੇ ਸਿੰਡੀਕੇਟ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB), ਹਜ਼ੂਰ ਸਾਹਿਬ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਸੰਸਥਾਵਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾ ਕੇ ਪੰਜਾਬ ਦਾ ਹੱਕ ਖ਼ਤਮ ਕਰਨਾ ਚਾਹੁੰਦੀ ਹੈ।
ਭਾਜਪਾ ਵੱਲੋਂ ਨਸ਼ਾ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ‘ਤੇ ਤੰਜ਼ ਕੱਸਦਿਆਂ ਮਾਨ ਨੇ ਬਿਕਰਮ ਸਿੰਘ ਮਜੀਠੀਆ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜੇਲ੍ਹ ਵਿੱਚ ਉਨ੍ਹਾਂ ਨੂੰ ਬੈਂਗਣ ਦੀ ਸਬਜ਼ੀ ਖੁਆਈ ਗਈ ਸੀ।
ਰੈਲੀ ਦੌਰਾਨ ਕੌਫੀ ਮਸ਼ੀਨ ਫਟਣ ਕਾਰਨ ਵਾਪਰਿਆ ਹਾਦਸਾ
ਜ਼ਿਕਰਯੋਗ ਹੈ ਕਿ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ ਕਰੀਬ 10 ਵਜੇ ਸਟੇਜ ਤੋਂ ਲਗਭਗ 100 ਮੀਟਰ ਦੀ ਦੂਰੀ ‘ਤੇ ਲੱਗੇ ਇੱਕ ਸਟਾਲ ਵਿੱਚ ਕੌਫੀ ਮਸ਼ੀਨ ਵਿੱਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਮਸ਼ੀਨ ਦਾ ਇੱਕ ਟੁਕੜਾ ਕੌਫੀ ਤਿਆਰ ਕਰ ਰਹੇ ਵਰਕਰ ਦੇ ਸਿਰ ਵਿੱਚ ਵੱਜਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
Punjab Spectrum